Close

DC directed immediate disposal of all applications received under MGSVY

Publish Date : 30/11/2018
.

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਪ੍ਰਾਪਤ ਹੋਈਆਂ ਅਰਜ਼ੀਆਂ ਦਾ ਕੀਤਾ ਜਾਵੇ ਤੁਰੰਤ ਨਿਪਟਾਰਾ : ਢਿੱਲੋਂ
ਨਬਾਰਡ ਵੱਲੋਂ ਸਾਲ 2018-2019 ਲਈ ਜ਼ਿਲ੍ਹੇ ਦੇ ਤਰਜੀਹੀ ਖੇਤਰ ਲਈ 7 ਹਜਾਰ 05 ਕਰੋੜ ਰੁਪਏ ਦੀ ਸਲਾਨਾ ਕਰਜਾ ਯੋਜਨਾ ਜਾਰੀ
ਫਤਹਿਗੜ੍ਹ ਸਾਹਿਬ, 30 ਨਵੰਬਰ
ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਕਰਜਾ ਲੈਣ ਲਈ ਪ੍ਰਾਪਤ ਹੋਈਆਂ ਅਰਜੀਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤਾਂ ਜੋ ਯੋਗ ਲਾਭਪਾਤਰੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਪੂਰਾ ਲਾਭ ਲੈ ਸਕਣ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਸ੍ਰ: ਸ਼ਿਵਦੁਲਾਰ ਸਿੰਘ ਢਿੱਲੋਂ ਨੇ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਬੈਂਕਾਂ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਉਨਾਂ ਬੈਂਕ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵੱਖ ਵੱਖ ਵਿਭਾਗਾਂ ਵੱਲੋਂ ਆਪਣਾ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਸਪਾਂਸਰ ਕੀਤੇ ਕੇਸਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸੈਲਫ਼ ਹੈਲਪ ਗਰੁੱਪ ਬਣਾ ਕੇ ਘੱਟ ਵਿਆਜ ਤੇ ਕਰਜ਼ੇ ਮੁਹੱਈਆ ਕਰਵਾਏ ਜਾਣ ਤਾਂ ਜੋ ਲੋਕਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ । ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਜਿਹੜੇ ਕੇਸ ਪਾਸ ਕੀਤੇ ਜਾਂਦੇ ਹਨ ਜਾਂ ਰੱਦ ਕੀਤੇ ਜਾਂਦੇ ਹਨ, ਉਨ੍ਹਾਂ ਨੂੰ ਵੈਬ ਪੋਰਟਲ ਤੇ ਅਪਲੋਡ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦੀ ਸਹੀ ਰਿਪੋਰਟ ਪੇਸ਼ ਕੀਤੀ ਜਾ ਸਕੇ।
ਸ੍ਰ ਢਿੱਲੋਂ ਨੇ ਇਸ ਮੌਕੇ ਸਮੂਹ ਬੈਂਕ ਅਧਿਕਾਰੀਆਂ ਨੂੰ ਆਖਿਆ ਕਿ ਬੈਂਕਾਂ ਰਾਹੀਂ ਮਿਲਣ ਵਾਲੀਆਂ ਸੁਵਿਧਾਵਾਂ ਪ੍ਰਤੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਲੋੜਵੰਦ ਲੋਕ ਇਨ੍ਹਾਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਉਨ੍ਹਾਂ ਕਿਹਾ ਕਿ ਬੈਂਕ ਅਧਿਕਾਰੀ ਲੋਕਾਂ ਨੂੰ ਖੱਜਲ ਖੁਆਰ ਕਰਨ ਦੀ ਬਜਾਏ ਉਨ੍ਹਾਂ ਪ੍ਰਤੀ ਹਾਂ ਪੱਖੀ ਰਵੱਈਆ ਅਪਣਾਉਣ । ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਵਿਚ ਬੈਂਕਾਂ ਦਾ ਮਹੱਤਵਪੂਰਨ ਰੋਲ ਹੈ ਅਤੇ ਬੈਂਕਾਂ ਰਾਹੀਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਸਕਦਾ ਹੈ ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਨਬਾਰਡ ਵੱਲੋਂ ਸਾਲ 2018-2019 ਲਈ ਜ਼ਿਲ੍ਹੇ ਵਾਸਤੇ 07 ਹਜਾਰ 5 ਕਰੋੜ ਰੁਪਏ ਦੀ ਸੰਭਾਵਤ ਸਲਾਨਾ ਕਰਜ਼ਾ ਯੋਜਨਾ ਜਾਰੀ ਕੀਤੀ। ਜਿਸ ਤਹਿਤ ਫਸਲੀ ਕਰਜਿਆਂ ਤਹਿਤ 273112.29 ਲੱਖ, ਸਹਾਇਕ ਧੰਦਿਆਂ ਲਈ 51401.62 ਲੱਖ, ਇਸ ਤੋਂ ਇਲਾਵਾ ਗੈਰ ਫਸਲੀ ਕਰਜਿਆਂ ਲਈ 376038.33 ਲੱਖ ਰੁਪਏ ਦੀ ਯੋਜਨਾ ਉਲੀਕੀ ਗਈ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ ਜਿਸ ਵਿੱਚ ਬੈਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਮੂਹ ਬ੍ਰਾਚਾਂ ਅਤੇ ਏ.ਟੀ.ਐਮ ‘ਚ ਸੀ.ਸੀ.ਟੀ.ਵੀ ਕੈਮਰੇ ਚਾਲੂ ਹਾਲਤ ਵਿੱਚ ਹੋਣੇ ਯਕੀਨੀ ਬਣਾਏ ਜਾਣ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਬੈਂਕਾਂ ਦੁਆਲੇ ਕਿਸੇ ਨਿਸਚਿਤ ਸਮੇਂ ਦੀ ਬਜਾਏ ਅਚਨਚੇਤ ਗਸਤ ਕੀਤੀ ਜਾਵੇ ਤਾਂ ਜੋ ਸ਼ਰਾਰਤੀ ਅਨਸਰ ਕਿਸੇ ਵੀ ਅਣਸੁਖਾਵੀ ਘਟਨਾਂ ਨੂੰ ਅੰਜਾਮ ਨਾਂ ਦੇ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰ: ਜਗਵਿੰਦਰਜੀਤ ਸਿੰਘ ਸੰਧੂ, ਡੀ.ਐਸ.ਪੀ.ਐਚ ਸੰਦੀਪ ਕੌਰ, ਡੀ.ਡੀ.ਐਮ. ਨਬਾਰਡ ਸ੍ਰੀ ਸੰਜੀਵ ਕੁਮਾਰ ਸ਼ਰਮਾਂ, ਐਲ.ਡੀ.ਐਮ. ਸ੍ਰੀ ਨਵੀਨ ਪ੍ਰਕਾਸ਼, ਜੋਨਲ ਸਕਿਓਰਟੀ ਅਫਸਰ ਸ੍ਰ: ਸੰਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।