Close

District Employment Generation Bureau inaugurated

Publish Date : 22/11/2018
.

ਕੈਬਨਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 35 ਲੱਖ ਦੀ ਲਾਗਤ ਨਾਲ ਤਿਆਰ ਹੋਏ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਕੀਤਾ ਉਦਘਾਟਨ
ਪੰਜਾਬ ਸਰਕਾਰ ਦੀਆਂ ਸਵੈ ਰੋਜ਼ਗਾਰ ਸਕੀਮਾਂ ਸਬੰਧੀ ਕਿਤਾਬਚਾ ਕੀਤਾ ਜਾਰੀ
ਘਰ-ਘਰ ਰੋਜ਼ਗਾਰ ਪੋਰਟਲ ‘ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 8930 ਪ੍ਰਾਰਥੀਆਂ ਨੇ ਆਨ ਲਾਈਨ ਕਰਵਾਈ ਰਜਿਸਟਰੇਸ਼ਨ
ਜ਼ਿਲ੍ਹੇ ਦੇ 1988 ਬੇਰੋਜ਼ਗਾਰਾਂ ਨੂੰ ਹੁਣ ਤੱਕ ਮਿਲਿਆ ਰੋਜ਼ਗਾਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰ-ਘਰ ਰੋਜ਼ਗਾਰ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਵਿੱਚ ਸਹਾਈ ਹੋਣਗੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ : ਆਸ਼ੂ
ਫ਼ਤਹਿਗੜ੍ਹ ਸਾਹਿਬ, 21 ਨਵੰਬਰ:
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰ-ਘਰ ਰੋਜ਼ਗਾਰ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਜਿਥੇ ਵੱਡੀ ਪੱਧਰ ‘ਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਉਥੇ ਹੀ ਪੰਜਾਬ ਭਰ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੀ ਖੋਲੇ ਗਏ ਹਨ ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 35 ਲੱਖ ਦੀ ਲਾਗਤ ਨਾਲ ਤਿਆਰ ਹੋਏ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਦੇ ਨਾਲ ਉਦਘਾਟਨ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਜਿਥੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ ਉਥੇ ਹੀ ਰੋਜ਼ਗਾਰ ਦੇਣ ਵਾਲੀਆਂ ਕੰਪਨੀਆਂ ਨਾਲ ਵੀ ਰਾਬਤਾ ਰੱਖਿਆ ਜਾਵੇਗਾ ਤਾਂ ਜੋ ਬੇਰੋਜ਼ਗਾਰ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਕੰਪਨੀਆਂ ਦੀ ਮੰਗ ‘ਤੇ ਜਿਹੜੇ ਹੁਨਰ ਵਾਲੇ ਨੌਜਵਾਨਾਂ ਦੀ ਲੋੜ ਹੈ ਉਸ ਅਨੁਸਾਰ ਨੌਜਵਾਨਾਂ ਨੂੰ ਹੁਨਰ ਵਿਕਾਸ ਕੇਂਦਰਾਂ ਵਿੱਚ ਸਿਖਲਾਈ ਦਿਵਾ ਕੇ ਹੁਨਰਮੰਦ ਬਣਾਇਆ ਜਾਵੇਗਾ ਤਾਂ ਜੋ ਬੇਰੋਜ਼ਗਾਰ ਨੌਜਵਾਨ ਆਪਣੇ ਪੈਰ੍ਹਾਂ ‘ਤੇ ਖੜੇ ਹੋ ਕੇ ਆਪਣੇ ਪਰਿਵਾਰ ਦਾ ਆਰਥਿਕ ਪੱਧਰ ਉਚਾ ਚੁੱਕ ਸਕਣ।
ਸ਼੍ਰੀ ਆਸ਼ੂ ਨੇ ਦੱਸਿਆ ਕਿ ਸਰਕਾਰ ਵੱਲੋਂ ਸ਼ੁਰੂ ਕੀਤਾ ਗਏ ghargharrozgar.punjab.gov.in ਪੋਰਟਲ ‘ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 8930 ਪ੍ਰਾਰਥੀਆਂ ਨੇ ਆਨ ਲਾਈਨ ਰਜਿਸਟਰੇਸ਼ਨ ਕਰਵਾਈ ਹੈ ਜਿਨ੍ਹਾਂ ਵਿੱਚੋਂ ਹੁਣ ਤੱਕ 1988 ਪ੍ਰਾਰਥੀਆਂ ਨੂੰ ਰੋਜ਼ਗਾਰ ਹਾਸਲ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਉਦੇਸ਼ ਹਰ ਜ਼ਿਲ੍ਹੇ ਵਿੱਚ ਬੇਰੋਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ, ਸਿੱਖਿਆ, ਟ੍ਰੇਨਿੰਗ ਅਤੇ ਹਰ ਸੰਭਵ ਮਦਦ ਕਰਨਾ ਹੈ ਤਾਂ ਕਿ ਉਹ ਰੋਜ਼ਗਾਰ ਮੰਡੀ ਦੇ ਅਨੁਸਾਰ ਆਪਣੇ ਆਪ ਨੂੰ ਤਿਆਰ ਕਰ ਸਕਣ ਅਤੇ ਨਿਯੋਜਕਾਂ ਦੀ ਮੰਗ ਅਨੁਸਾਰ ਆਪਣੀ ਸਕਿੱਲ ਵਿੱਚ ਵਾਧਾ ਕਰ ਸਕਣ ਅਤੇ ਪੰਜਾਬ ਤੇ ਦੇਸ਼ ਦੀ ਆਰਥਿਕਤਾ ਨੂੰ ਮਜਬੂਤ ਕਰ ਸਕਣ। ਉਨ੍ਹਾਂ ਹੋਰ ਦੱਸਿਆ ਕਿ ਇਸ ਬਿਊਰੋ ਦਾ ਮੁੱਖ ਕੰਮ ਬੇਰੋਜ਼ਗਾਰਾਂ ਦਾ ਪੂਰਾ ਵੇਰਵਾ ਤਿਆਰ ਕਰਨਾ, ਜਿਸ ਵਿੱਚ ਉਨ੍ਹਾਂ ਦੀ ਪੜਾਈ, ਯੋਗਤਾ, ਸਕਿੱਲ ਅਤੇ ਰੋਜ਼ਗਾਰ ਲਈ ਪ੍ਰਾਥਮਿਕਤਾਵਾਂ ਦਾ ਪਤਾ ਲਗਾਉਣਾ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਮੈਨੂਅਲ ਰਜਿਸਟਰੇਸ਼ਨ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਪੋਰਟਲ ‘ਤੇ ਆਨ ਲਾਈਨ ਰਜਿਸਟਰੇਸ਼ਨ ਵੀ ਕੀਤੀ ਜਾਂਦੀ ਹੈ।
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਅਗਲੇ ਵਰ੍ਹੇ ਤੋਂ ਝੋਨਾ ਲਗਾਉਣ ਸਬੰਧੀ ਤੈਅ ਮਿਤੀ ਬਾਰੇ ਖੇਤੀ ਮਾਹਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਸਮੇਂ ਦਾ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਸਬੰਧੀ ਟਰਾਂਸਪੋਰਟੇਸ਼ਨ ਅਤੇ ਲੋਡਿੰਗ ਅਤੇ ਅਨਲੋਡਿੰਗ ਦੇ ਕੀਤੇ ਸੁਚੱਜੇ ਪ੍ਰਬੰਧਾਂ ਕਾਰਨ ਇੱਕ ਸੀਜਨ ਵਿੱਚ ਹੀ ਕਰੀਬ 175 ਕਰੋੜ ਰੁਪਏ ਦੀ ਸਰਕਾਰ ਨੂੰ ਬੱਚਤ ਹੋਈ ਹੈ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਢੋਆ ਢੁਆਈ ਵਿੱਚ ਲੱਗੀ ਲੇਬਰ ਨੂੰ ਦਿੱਤੀ ਜਾਣ ਵਾਲੀ ਅਦਾਇਗੀ ਵੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ‘ਤੇ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਵਿਸ਼ੇਸ਼ ਤੌਰ ‘ਤੇ ਪੁੱਜਣਗੇ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਅ ਪ੍ਰਾਪਤ ਪਿੰਡਾਂ ਨੂੰ ਮਾਡਲ ਗਰਾਮ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਹਰੇਕ ਪਿੰਡ ਦੇ ਵਿਕਾਸ ‘ਤੇ ਕਰੀਬ ਇੱਕ ਕਰੋੜ ਰੁਪਏ ਖਰਚ ਕੀਤੇ ਜਾਣਗੇ।
ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀ ਹਰਿੰਦਰ ਸਿੰਘ ਭਾਂਬਰੀ, ਸ਼੍ਰੀਮਤੀ ਮਨਦੀਪ ਕੌਰ ਨਾਗਰਾ, ਏ.ਡੀ.ਸੀ. ਸ੍ਰੀ ਜਸਪ੍ਰੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਮਿਤ ਬੈਂਬੀ, ਡਿਪਟੀ ਡਾਇਰੈਕਟਰ ਰੋਜ਼ਗਾਰ ਬਿਊਰੋ ਸ਼੍ਰੀਮਤੀ ਪਰਮਿੰਦਰ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਪਤਵੰਤੇ ਵੀ ਮੌਜੂਦ ਸਨ।
ਨੰ: ਲਸਫਸ (ਪ੍ਰੈ:ਰੀ:)-18/1235