ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਜ਼ਿਲ੍ਹਾ ਪੱਧਰੀ ਕੈਂਪ ਮਿਲਨ ਬੈਂਕੁਅਟ ਹਾਲ ਅਮਲੋਹ ਵਿਖੇ 21 ਨਵੰਬਰ ਨੂੰ ਸਵੇਰੇ 10:00 ਵਜੇ: ਢਿੱਲੋਂ
ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਜ਼ਿਲ੍ਹਾ ਪੱਧਰੀ ਕੈਂਪ ਮਿਲਨ ਬੈਂਕੁਅਟ ਹਾਲ ਅਮਲੋਹ ਵਿਖੇ ਅੱਜ: ਢਿੱਲੋਂ
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਕਰਨਗੇ ਕੈਂਪ ਦੀ ਪ੍ਰਧਾਨਗੀ
ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਲੋਕਾਂ ਦੇ ਭਰਵਾਏ ਜਾਣਗੇ ਫਾਰਮ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਪੱਧਰੀ ਕੈਂਪ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਈਸਰਹੇਲ ਵਿਖੇ 23 ਨੂੰ
ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਹਰੇਕ ਮਹੀਨੇ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕੈਂਪ
ਅਮਲੋਹ (ਫ਼ਤਹਿਗੜ੍ਹ ਸਾਹਿਬ), 20 ਨਵੰਬਰ:-
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਲੋਕਾਂ ਨੂੰ ਸਕੀਮਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ 21 ਨਵੰਬਰ ਨੂੰ ਸਵੇਰੇ 10:00 ਵਜੇ ਮਿਲਨ ਬੈਂਕੁਅਟ ਹਾਲ ਖੰਨਾ ਰੋਡ ਅਮਲੋਹ ਵਿਖੇ ਜ਼ਿਲ੍ਹਾ ਪੱਧਰੀ ਮੈਗਾ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦੀ ਪ੍ਰਧਾਨਗੀ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਕਰਨਗੇ। ਇਸ ਕੈਂਪ ਵਿੱਚ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਲੋਕਾਂ ਦੇ ਫਾਰਮ ਭਰਵਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਰਕਾਰ ਦੇ ਫੈਸਲੇ ਅਨੁਸਾਰ ਹਰੇਕ ਮਹੀਨੇ ਸਰਬੱਤ ਵਿਕਾਸ ਯੋਜਨਾ ਅਧੀਨ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਯੋਗ ਵਿਅਕਤੀ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾਂ ਰਹੇ। ਉਨ੍ਹਾਂ ਹੋਰ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਨੂੰ ਸਮਰਪਿਤ ਸਬ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਪਹਿਲੀ ਪਾਤਸ਼ਾਹੀ ਪਿੰਡ ਈਸਰਹੇਲ ਵਿਖੇ ਵੀ 23 ਨਵੰਬਰ ਨੂੰ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਪਿੰਡ ਪੱਧਰੀ ਕੈਂਪ ਲਗਾਇਆ ਜਾਵੇਗਾ।
ਸ. ਢਿੱਲੋਂ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਵੱਖ-ਵੱਖ ਪੈਨਸ਼ਨ ਸਕੀਮਾਂ, ਬੇਸਹਾਰਾ ਮਾਪਿਆਂ ਬਾਰੇ, ਭਲਾਈ ਵਿਭਾਗ ਦੀ ਪ੍ਰੀ ਮੈਟ੍ਰਿਕ ਸਕਾਲਰਸ਼ਿਪ, ਪੋਸਟ ਮੈਟ੍ਰਿਕ ਸਕਾਲਰਸ਼ਿਪ, ਮੀਨਸ-ਕਮ-ਮੈਰਿਟ ਸਕਾਲਰਸ਼ਿਪ, ਆਸ਼ੀਰਵਾਦ ਸਕੀਮ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਨਵੀਂ ਆਟਾ ਦਾਲ ਸਕੀਮ ਅਤੇ ਉਜਵਲਾ ਯੋਜਨਾ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਲੈਣ ਲਈ, ਵਿਅਕਤੀਗਤ ਪਖਾਨੇ ਬਣਾਉਣ ਲਈ, ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੀ ਮਗਨਰੇਗਾ ਜਾਬ ਕਾਰਡ ਬਣਾਉਣ ਲਈ, 5-5 ਮਰਲੇ ਦੇ ਪਲਾਟ ਲੈਣ ਲਈ, ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਦੀ ਸੁਭਾਗਿਆ ਕੁਨੈਕਸ਼ਨ, ਸੁਭਾਗਿਆ ਕੁਨੈਕਸ਼ਨ ਤੋਂ ਇਲਾਵਾ ਹੋਰ ਬਿਜਲੀ ਕੁਨੈਕਸ਼ਨ, ਮੁਫਤ ਬਿਜਲੀ ਯੂਨਿਟ, ਉਜਾਲਾ ਐਲ.ਈ.ਡੀ., ਕਿਰਤ ਤੇ ਸੁਲਾਹ ਵਿਭਾਗ ਦੀ ਬੀ.ਓ.ਸੀ. ਰਜਿਸਟਰੇਸ਼ਨ ਸਕੀਮ, ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ ਰੋਜ਼ਗਾਰ ਜਨਰੇਸ਼ਨ ਪ੍ਰੋਗਰਾਮ ਸਕੀਮ, ਜ਼ਿਲ੍ਹਾ ਲੀਡ ਮੈਨੇਜਰ ਵੱਲੋਂ ਅਟੱਲ ਪੈਨਸ਼ਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਮੁਦਰਾ ਲੋਨ, ਸੁਕੰਨਿਆ ਸਮਰਿਧੀ ਯੋਜਨਾ, ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿਤ ਕਾਰਪੋਰੇਸ਼ਨ ਦੀ ਅਨੁਸੂਚਿਤ ਜਾਤੀਆਂ ਦੇ ਬਿਨੈਕਾਰਾਂ ਨੂੰ ਕਰਜ਼ਾ ਦੇਣ ਦੀ ਸਕੀਮ, ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ ਬਿਨੈਕਾਰਾਂ ਨੂੰ ਕਰਜ਼ਾ ਦੇਣ ਅਤੇ ਸਿਹਤ ਵਿਭਾਗ ਵੱਲੋਂ ਦਿਵਆਂਗ ਸਰਟੀਫਿਕੇਟ, ਗੰਭੀਰ ਬਿਮਾਰੀਆਂ ਦੇ ਇਲਾਜ ਅਤੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਲਈ ਫਾਰਮ ਭਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਵੱਲੋਂ ਚਲਾਈ ਜਾ ਰਹੀ ਬੇਰੋਜ਼ਗਾਰੀ ਭੱਤਾ ਸਕੀਮ ਅਤੇ ਘਰ-ਘਰ ਰੋਜ਼ਗਾਰ ਸਕੀਮ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਬੱਸ ਪਾਸ, ਕੁਪੋਸ਼ਿਤ ਬੱਚੇ, ਤੇਜ਼ਾਬ ਪੀੜ੍ਹਤਾਂ ਨੂੰ ਮਾਲੀ ਸਹਾਇਤਾ, ਭਿਖਾਰੀ ਅਤੇ ਅਨਾਥ ਬੱਚਿਆਂ ਬਾਰੇ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵੱਲੋਂ ਸਕੂਲ ਤੋਂ ਬਾਹਰ ਬੱਚੇ ਅਤੇ ਸਕੂਲ ਛੱਡ ਚੁੱਕੇ ਬੱਚਿਆਂ ਨੂੰ ਮੁੜ ਸਕੂਲ ਵਿੱਚ ਦਾਖਲ ਕਰਵਾਉਣ ਲਈ ਵੀ ਇਨ੍ਹਾਂ ਕੈਂਪਾਂ ਵਿੱਚ ਫਾਰਮ ਭਰਵਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਕੈਂਪਾਂ ਵਿੱਚ ਭਾਗ ਲੈ ਕੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਉਠਾਉਣ।
ਨੰ: ਲਸਫਸ (ਪ੍ਰੈ:ਰੀ:)-18/1229
0———0———0