ਅੰਮ੍ਰਿਤ ਕੌਰ ਗਿੱਲ ਨੇ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਅੰਮ੍ਰਿਤ ਕੌਰ ਗਿੱਲ ਨੇ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਅਹੁਦਾ ਸੰਭਾਲਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਸ਼੍ਰੀਮਤੀ ਗਿੱਲ ਨੇ ਕਿਹਾ ਕਿ ਉਹ ਖ਼ੁਦ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਇਸ ਮਹਾਨ ਧਰਤੀ ‘ਤੇ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਦੇ ਨਾਲ ਨਾਲ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।
ਅਹੁਦਾ ਸੰਭਾਲਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਗਿੱਲ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਜਿੱਥੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ, ਫ਼ਤਹਿਗੜ੍ਹ ਸਾਹਿਬ ਦੀ ਜ਼ਿੰਮੇਵਾਰੀ ਮਿਲਣ ਤੋਂ ਪਹਿਲਾਂ ਸ਼੍ਰੀਮਤੀ ਗਿੱਲ ਮੁੱਖ ਮੰਤਰੀ, ਪੰਜਾਬ ਦੇ ਵਧੀਕ ਪ੍ਰਮੁੱਖ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। ਉਸ ਤੋਂ ਪਹਿਲਾਂ ਉਹ ਬਤੌਰ ਵਿਸ਼ੇਸ਼ ਸਕੱਤਰ, ਖੇਡਾਂ ਤੇ ਯੁਵਕ ਮਾਮਲੇ ਅਤੇ ਡਾਇਰੈਕਟਰ, ਖੇਡਾਂ ਤੇ ਯੁਵਕ ਮਾਮਲੇ, ਪੰਜਾਬ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਨੇ ਆਪਣੇ ਸਿਵਲ ਸੇਵਾਵਾਂ ਕਰੀਅਰ ਦੀ ਸ਼ੁਰੂਆਤ ਸੰਨ 1995 ਵਿੱਚ ਫ਼ਤਹਿਗੜ੍ਹ ਸਾਹਿਬ ਤੋਂ ਹੀ ਬਤੌਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕੀਤੀ ਸੀ।
ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਕੌਮਾਂਤਰੀ ਸਾਈਕਲਿਸਟ ਰਹੇ ਹਨ ਤੇ ਉਨ੍ਹਾਂ ਨੇ ਸਾਲ 1979 ਵਿੱਚ ਯੰਗੈਸਟ ਸਾਈਕਲਿਸਟ ਵਜੋਂ ਸ੍ਰੀਲੰਕਾ ਵਿਖੇ ਹੋਏ ਕੌਮਾਂਤਰੀ ਮੁਕਾਬਲਿਆਂ ਵਿੱਚ ਹਿੱਸਾ ਲਿਆ ਤੇ ਸੋਨ ਤਗ਼ਮਾ ਜਿੱਤਿਆ। ਸਾਲ 1982 ਵਿੱਚ ਬੈਂਕਾਕ ਵਿਖੇ ਹੋਈ ਏਸ਼ਿਆਈ ਸਾਈਕਲਿੰਗ ਚੈਂਪੀਅਨਸ਼ਿਪ ਹਿੱਸਾ ਲਿਆ ਅਤੇ ਉਸੇ ਸਾਲ ਬਰਤਾਨੀਆ ਵਿੱਚ ਵਿਸ਼ਵ ਸਾਈਕਲਿੰਗ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਕਪਤਾਨੀ ਕੀਤੀ। ਉਹ ਸਾਲ 1976 ਤੋਂ 1982 ਤੱਕ ਲਗਾਤਾਰ ਕੌਮੀ ਚੈਂਪੀਅਨ ਵੀ ਰਹੇ। ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਵੀ ਸਨਮਾਨਿਆ ਜਾ ਚੁੱਕਿਆ ਹੈ।
ਸ਼੍ਰੀਮਤੀ ਗਿੱਲ ਦੇ ਅਹੁਦਾ ਸੰਭਾਲਣ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਸਪ੍ਰੀਤ ਸਿੰਘ, ਐਸ.ਪੀ. (ਡੀ) ਸ. ਹਰਪਾਲ ਸਿੰਘ, ਐਸ.ਪੀ. (ਐਚ) ਸ. ਨਵਰੀਤ ਸਿੰਘ ਵਿਰਕ, ਸਹਾਇਕ ਕਮਿਸ਼ਨਰ (ਜ) ਸ਼੍ਰੀ ਜਸਪ੍ਰੀਤ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਬੱਸੀ ਪਠਾਣਾਂ ਸ਼੍ਰੀ ਪਵਿੱਤਰ ਸਿੰਘ, ਐਸ.ਡੀ.ਐਮ. ਅਮਲੋਹ ਸ਼੍ਰੀ ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਖਮਾਣੋਂ ਸ਼੍ਰੀ ਪਰਮਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਥਿੰਦ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਕੈਪਸ਼ਨ: ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਦੇ ਹੋਏ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਪ੍ਰਬੰਧਕ ਸਿਰੋਪਾਓ ਭੇਟ ਕਰਦੇ ਹੋਏ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਪ੍ਰਬੰਧਕ ਸਿਰੋਪਾਓ ਭੇਟ ਕਰਦੇ ਹੋਏ।