Shahidi Jor Mel arrangements reviewed
ਡੀ.ਸੀ. ਵੱਲੋਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਲਿੰਕ ਕਰਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ 30 ਨਵੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਟਾਇਲਟ ਬਲਾਕ ਦਾ ਨਿਰਮਾਣ ਤੁਰੰਤ ਸ਼ੁਰੂ ਕਰਨ ਦੀ ਹਦਾਇਤ
ਲੰਗਰ ਲਗਾਉਣ ਵਾਲਿਆਂ ਲਈ ਬਿਜਲੀ ਦੇ ਆਰਜ਼ੀ ਕੁਨੈਕਸ਼ਨ ਲੈਣੇ ਹੋਣਗੇ ਜਰੂਰੀ
ਡੀ.ਸੀ. ਤੇ ਐਸ.ਐਸ.ਪੀ. ਨੇ ਸ਼ਹੀਦੀ ਸਭਾ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜਾ
ਫਤਹਿਗੜ੍ਹ ਸਾਹਿਬ: 31 ਅਕਤੂਬਰ:-
26 ਤੋਂ 28 ਦਸੰਬਰ ਤੱਕ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜ਼ਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਹੋਣ ਵਾਲੀ ਸ਼ਹੀਦੀ ਸਭਾ ਦੇ ਸਾਰੇ ਅਗੇਤੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਨੇ ਬੱਚਤ ਭਵਨ ਵਿਖੇ ਜਾਇਜਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਇਸ ਮੌਕੇ ਸ. ਢਿੱਲੋਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਲਿੰਕ ਕਰਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ 30 ਨਵੰਬਰ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਨੇੜੇ ਟਾਇਲਟ ਬਲਾਕ ਦਾ ਨਿਰਮਾਣ ਵੀ ਤੁਰੰਤ ਸ਼ੁਰੂ ਕਰਵਾਇਆ ਜਾਵੇ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦੀ ਸਭਾ ‘ਤੇ ਸੰਗਤਾਂ ਵੱਲੋਂ ਲਗਾਏ ਜਾਣ ਵਾਲੇ ਲੰਗਰਾਂ ਦੇ ਪ੍ਰਬੰਧਕਾਂ ਨੂੰ ਬਿਜਲੀ ਦੇ ਆਰਜੀ ਕੁਨੈਕਸ਼ਨ ਲੈਣ ਲਈ ਪਾਬੰਦ ਕੀਤਾ ਜਾਵੇ, ਤਾਂ ਜੋ ਸ਼ਹੀਦੀ ਸਭਾ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਚਾਲੂ ਰਹਿ ਸਕੇ।
ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਇਲੈਕਟ੍ਰੀਕਲ ਵਿੰਗ ਦੇ ਅਧਿਕਾਰੀਆਂ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਕਿਹਾ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਸਾਰੀਆਂ ਪ੍ਰਮੁੱਖ ਸੜਕਾਂ ‘ਤੇ ਸਟਰੀਟ ਲਾਈਟਾਂ ਦੀ ਮੁਰੰਮਤ ਕਰਕੇ ਚਾਲੂ ਕੀਤੀਆਂ ਜਾਣ। ਇਸ ਤੋਂ ਇਲਾਵਾ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਹਦਾਇਤ ਕੀਤੀ ਕਿ ਸ਼ਹੀਦੀ ਸਭਾ ਤੋਂ ਪਹਿਲਾਂ-ਪਹਿਲਾਂ ਸਾਰੀਆਂ ਪ੍ਰਮੁੱਖ ਸੜਕਾਂ ਦੇ ਆਲੇ ਦੁਆਲੇ ਦੀ ਸਾਫ ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਚਾਰ ਯਾਦਗਾਰੀ ਗੇਟਾਂ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਗੇਟ, ਨਵਾਬ ਸ਼ੇਰ ਮੁਹੰਮਦ ਯਾਦਗਾਰੀ ਗੇਟ, ਦੀਵਾਨ ਟੋਡਰ ਮੱਲ ਯਾਦਗਾਰੀ ਗੇਟ ਅਤੇ ਬਾਬਾ ਮੋਤੀ ਰਾਮ ਮਹਿਰਾ ਯਾਦਗਾਰੀ ਗੇਟ ਦੀ ਦਿੱਖ ਨੂੰ ਸੁਆਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਸ. ਢਿੱਲੋਂ ਨੇ ਸਿਵਲ ਸਰਜਨ ਨੂੰ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਲੋੜੀਂਦੀਆਂ ਮੈਡੀਕਲ ਟੀਮਾਂ ਦਾ ਗਠਨ ਕੀਤਾ ਜਾਵੇ ਅਤੇ ਲੋੜ ਅਨੁਸਾਰ ਐਂਬੂਲੈਂਸਾਂ ਦਾ ਪ੍ਰਬੰਧ ਕਰਨਾ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹੀਦੀ ਸਭਾ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 26 ਤੋਂ 28 ਦਸੰਬਰ ਤੱਕ ਵੱਖ-ਵੱਖ ਵਿਭਾਗਾਂ ਦੇ ਵਿਕਾਸ ਕਾਰਜਾਂ ਨੂੰ ਦਰਸਾਉਂਦੀ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਲਗਾਈ ਜਾਵੇਗੀ । ਇਸ ਮੌਕੇ ਭਾਸ਼ਾ ਵਿਭਾਗ ਵੱਲੋਂ ਸ਼ਹਾਦਤ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਜਾਵੇਗਾ ਅਤੇ ਜ਼ਿਲ੍ਹਾ ਸੱਭਿਆਚਾਰਕ ਸੋਸਾਇਟੀ ਵੱਲੋਂ ਸੋਵੀਨਰ ਵੀ ਜਾਰੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਮ ਖਾਸ ਬਾਗ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਅਲੌਕਿਕ ਸ਼ਹਾਦਤ ਨੂੰ ਦਰਸਾਉਂਦੇ ਇਤਿਹਾਸਕ ਨਾਟਕਾਂ ਦੀ ਪੇਸ਼ਕਾਰੀ ਵੀ ਕੀਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸ਼ਰਧਾਲੂਆਂ ਦੀ ਸੁਰੱਖਿਆ ਤੇ ਸਹੂਲਤ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ ਅਤੇ ਸ਼ਹੀਦੀ ਸਭਾ ਦੌਰਾਨ ਸ਼ਰਾਰਤੀ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖਣ ਲਈ ਪ੍ਰਮੁੱਖ ਚੌਂਕਾਂ ਤੇ ਸੜਕਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਪਾਰਕਿੰਗ ਅਤੇ ਟਰੈਫਿਕ ਵਿਵਸਥਾ ਦੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਜਗਵਿੰਦਰਜੀਤ ਸਿੰਘ ਸੰਧੂ, ਐਸ.ਪੀ. (ਹੈ/ਕੁ) ਸ. ਰਵਿੰਦਰਪਾਲ ਸਿੰਘ ਸੰਧੂ, ਐਸ.ਪੀ. (ਡੀ) ਹਰਪਾਲ ਸਿੰਘ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਜਗਦੀਸ਼ ਸਿੰਘ ਜੋਹਲ, ਐਸ.ਡੀ.ਐਮ. ਅਮਲੋਹ ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਖਮਾਣੋਂ ਸ਼੍ਰੀ ਪਰਮਜੀਤ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਮਿਤ ਬੈਂਬੀ, ਜ਼ਿਲ੍ਹਾ ਸ਼ਿਕਾਇਤ ਨਿਵਾਰਣ ਅਫਸਰ ਡਾ. ਸੰਜੀਵ, ਜ਼ਿਲ੍ਹਾ ਮਾਲ ਅਫਸਰ ਸ. ਅਰਸ਼ਦੀਪ ਸਿੰਘ ਥਿੰਦ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਨੰ: ਲਸਫ (ਪ੍ਰੈ:ਰੀ)-18/1157